Punjab

ਘੱਗਰ ਦਰਿਆ ਵਿੱਚ ਪਾੜ ਪੈਣ ਨਾਲ ਸੰਗਰੂਰ ਵਿੱਚ 10 ਹਜ਼ਾਰ ਏਕੜ ਫਸਲ ਹੋਈ ਬਰਬਾਦ

ਕੈਪਟਨ ਅਮਰਿੰਦਰ ਸਿੰਘ ਨੇ ਘੱਗਰ ਨਾਲ ਹੋਏ ਨੁਕਸਾਨ ਦਾ ਕੀਤਾ ਹਵਾਈ ਸਰਵੇ

ਸੰਗਰੂਰ   23 ਜੁਲਾਈ :  ( ਸੋਮ ਨਾਥ, ਰਾਮ ਚੰਦਰ, ਰਾਹੁਲ ਜਿੰਦਲ)

ਘੱਗਰ ਦਰਿਆ ਦਾ ਕੰਟਰੋਲ ਕੇਂਦਰੀ ਜਲ ਕਮਿਸ਼ਨ (ਸੀ.ਡਬਲਿਊ.ਸੀ.) ਕੋਲ ਚਲੇ ਜਾਣ ਲਈ ਅਕਾਲੀਆਂ ‘ਤੇ ਦੋਸ਼ ਲਾਉਂਦੇ ਹੋਏ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਉਹ ਦਰਿਆ ਦੇ ਬੰਨ੍ਹਾਂ ਨੂੰ ਮਜ਼ਬੂਤ ਬਣਾਉਣ ਲਈ ਦਬਾਅ ਪਾਉਣ ਵਾਸਤੇ ਕੇਂਦਰ ਸਰਕਾਰ ਦੇ ਮੰਤਰੀਆਂ ਅਤੇ ਅਧਿਕਾਰੀਆਂ ਨੂੰ ਮਿਲਣਗੇ। ਘੱਗਰ ਵਿੱਚ ਪਏ ਪਾੜ ਨੇ ਸੰਗਰੂਰ ਅਤੇ ਪਟਿਆਲਾ ਜ਼ਿਲ੍ਹਿਆਂ ਵਿੱਚ ਖੜ੍ਹੀ ਫ਼ਸਲ ਅਤੇ ਹੋਰ ਜਾਇਦਾਦ ਨੂੰ ਭਾਰੀ ਨੁਕਸਾਨ ਪਹੁੰਚਾਇਆ ਹੈ।

ਉਨ੍ਹਾਂ ਕਿਹਾ ਕਿ ਉਹ ਭਾਰਤ ਸਰਕਾਰ ਨੂੰ ਇਹ ਆਖਣਗੇ ਕਿ ਉਹ ਮਕਰੋੜ ਸਾਹਿਬ ਤੋਂ ਕਰੈਲ (17.5 ਕਿਲੋਮੀਟਰ) ਤੱਕ ਪ੍ਰੋਜੈਕਟ ਦੇ ਦੂਜੇ ਪੜਾਅ ਦਾ ਕੰਮ ਪੰਜਾਬ ਨੂੰ ਕਰਨ ਦੀ ਆਗਿਆ ਦੇਣ ਵਾਸਤੇ ਤੇਜ਼ੀ ਨਾਲ ਜ਼ਰੂਰੀ ਪ੍ਰਵਾਨਗੀ ਮੁਹੱਈਆ ਕਰਵਾਉਣ ਲਈ ਸੀ.ਡਬਲਿਊ.ਸੀ. ਨੂੰ ਨਿਰਦੇਸ਼ ਦੇਵੇ। ਭਾਰੀ ਮੀਂਹ ਕਾਰਨ ਘੱਗਰ ਵਿੱਚ ਪਾਣੀ ਵਧਣ ਕਾਰਨ ਪਏ ਪਾੜ ਦੇ ਨਤੀਜੇ ਵਜੋਂ ਆਏ ਹੜ੍ਹਾਂ ਨਾਲ ਨੁਕਸਾਨ ਦਾ ਅਨੁਮਾਨ ਲਾਉਣ ਲਈ ਹਵਾਈ ਸਰਵੇ ਕਰਨ ਤੋਂ ਬਾਅਦ ਕੈਪਟਨ ਅਮਰਿੰਦਰ ਸਿੰਘ ਮੂਨਕ (ਸੰਗਰੂਰ) ਅਤੇ ਬਾਦਸ਼ਾਹਪੁਰ (ਪਟਿਆਲਾ) ਵਿਖੇ ਕਿਸਾਨਾਂ ਅਤੇ ਪੱਤਰਕਾਰਾਂ ਨਾਲ ਗੱਲਬਾਤ ਕਰ ਰਹੇ ਸਨ।

ਰਾਜਪੁਰਾ, ਘਨੌਰ ਅਤੇ ਸ਼ਤਰਾਨਾ ਇਲਾਕਿਆਂ ਵਿੱਚ ਹਵਾਈ ਸਰਵੇਖਣ ਕਰਨ ਤੋਂ ਬਾਅਦ ਸੰਗਰੂਰ ਜ਼ਿਲ੍ਹੇ ਦੇ ਮੂਨਕ ਵਿਖੇ ਪਹਿਲਾ ਪੜਾਅ ਕਰਨ ਪਿੱਛੋਂ ਮੁੱਖ ਮੰਤਰੀ ਨੇ ਕਿਹਾ ਕਿ ਪਟਿਆਲਾ ਵਿਖੇ ਤਕਰੀਬਨ 50 ਹਜ਼ਾਰ ਏਕੜ ਫ਼ਸਲ ਬਰਬਾਦ ਹੋ ਗਈ ਹੈ ਅਤੇ ਘੱਗਰ ਦਰਿਆ ਵਿੱਚ ਪਾੜ ਪੈਣ ਸੰਗਰੂਰ ਵਿੱਚ 10 ਹਜ਼ਾਰ ਏਕੜ ਫਸਲ ਬਰਬਾਦ ਹੋਈ ਹੈ।

ਮੂਨਕ ਵਿੱਚ ਆਪਣੇ ਬਚਪਨ ਤੋਂ ਹੀ ਇਹ ਸਮੱਸਿਆ ਦੇਖਦੇ ਆ ਰਹੇ ਕੈਪਟਨ ਅਮਰਿੰਦਰ ਸਿੰਘ ਨੇ ਇਸ ਕਸਬੇ ਨੂੰ ਆਪਣਾ ‘ਨਾਨਕੇ’ ਦੱਸਿਆ ਅਤੇ ਭਵਿੱਖ ਵਿੱਚ ਹੜ੍ਹਾਂ ਦੇ ਨੁਕਸਾਨ ਤੋਂ ਬਚਣ ਲਈ ਦਰਿਆ ਦੇ ਬੰਨ੍ਹਾਂ ਨੂੰ ਮਜ਼ਬੂਤ ਬਣਾਉਣ ਦੀ ਜ਼ਰੂਰਤ ‘ਤੇ ਜ਼ੋਰ ਦਿੱਤਾ।

ਮੁੱਖ ਮੰਤਰੀ ਨੇ ਕਿਹਾ ਕਿ ਫਸਲਾਂ ਦੀ ਵਿਸ਼ੇਸ਼ ਗਿਰਦਾਵਰੀ ਦੀ ਪ੍ਰਕ੍ਰਿਆ ਚੱਲ ਰਹੀ ਹੈ ਅਤੇ ਪਾਣੀ ਦਾ ਪੱਧਰ ਹੇਠਾਂ ਆਉਣ ‘ਤੇ ਇਸ ਨੂੰ ਮੁਕੰਮਲ ਕਰ ਲਿਆ ਜਾਵੇਗਾ। ਉਨ੍ਹਾਂ ਨੇ ਇਲਾਕੇ ਦੇ ਲੋਕਾਂ ਨੂੰ ਪਏ ਘਾਟੇ ਦੀ ਭਰਪਾਈ ਕਰਨ ਦਾ ਵਾਅਦਾ ਕੀਤਾ। ਮੁੱਖ ਮੰਤਰੀ ਨੇ ਕਿਹਾ ਕਿ ਜਦੋਂ ਹੀ ਉਨ੍ਹਾਂ ਨੂੰ ਵਿਸ਼ੇਸ਼ ਗਿਰਦਾਵਰੀ ਦੀ ਰਿਪੋਰਟ ਹਾਸਲ ਹੋਈ, ਉਹ ਉਸੇ ਦਿਨ ਮੁਆਵਜ਼ਾ ਜਾਰੀ ਕਰ ਦੇਣਗੇ।

ਮੂਨਕ ਵਿੱਚ ਮੁੱਖ ਮੰਤਰੀ ਨੇ ਡਿਪਟੀ ਕਮਿਸ਼ਨਰ ਨੂੰ ਹੜ੍ਹਾਂ ਨਾਲ 28 ਘਰਾਂ ਨੂੰ ਪੁੱਜੇ ਨੁਕਸਾਨ ਜਿਨ੍ਹਾਂ ਵਿੱਚ ਤਿੰਨ ਘਰ ਪੂਰੀ ਤਰ੍ਹਾਂ ਨੁਕਸਾਨੇ ਗਏ ਹਨ, ਨੂੰ ਫੌਰੀ ਮੁਆਵਜ਼ਾ ਦੇਣ ਦੇ ਹੁਕਮ ਦਿੱਤੇ। ਉਨ੍ਹਾਂ ਨੇ ਅਧਿਕਾਰੀਆਂ ਨੂੰ ਸੜਕਾਂ ਉੱਚੀਆਂ ਕਰਨ ਲਈ ਅੱਜ ਹੀ ਫਾਇਰ ਬ੍ਰਿਗੇਡ ਅਤੇ ਜੇ.ਸੀ.ਬੀ. ਮਸ਼ੀਨਾਂ ਭੇਜਣ ਦੇ ਵੀ ਆਦੇਸ਼ ਦਿੱਤੇ ਅਤੇ ਮੰਡੀ ਬੋਰਡ ਨੂੰ ਬਿਨਾਂ ਕਿਸੇ ਦੇਰੀ ਤੋਂ ਕੰਮ ਸ਼ੁਰੂ ਕਰਨ ਦੀ ਹਦਾਇਤ ਕੀਤੀ।
ਮੁੱਖ ਮੰਤਰੀ ਨੇ ਲੋਕਾਂ ਨੂੰ ਭਰੋਸਾ ਦਿੱਤਾ ਕਿ ਸਥਿਤੀ ਨਾਲ ਨਜਿੱਠਣ ਲਈ ਸਰਕਾਰ ਕੋਲ ਢੁਕਵੇਂ ਆਫ਼ਤ ਪ੍ਰਬੰਧਨ ਫੰਡ ਹਨ।

ਇਸ ਤੋਂ ਬਾਅਦ ਬਾਦਸ਼ਾਹਪੁਰ ਵਿੱਚ ਫਸਲਾਂ ਨੂੰ ਹੋਏ ਨੁਕਸਾਨ ਦੇ ਡੂੰਘਾ ਦੁੱਖ ਜ਼ਾਹਰ ਕਰਦਿਆਂ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਪਟਿਆਲਾ ਦੇ ਪਿੰਡਾਂ ਵਿੱਚ ਹੋਏ ਨੁਕਸਾਨ ਨੂੰ ਦੇਖ ਕੇ ਉਨ੍ਹਾਂ ਦਾ ਮਨ ਦੁਖੀ ਹੋਇਆ ਹੈ ਕਿਉਂਕਿ ਉਹ ਛੋਟੇ ਹੁੰਦੇ ਤੋਂ ਇਨ੍ਹਾਂ ਪਿੰਡਾਂ ਵਿੱਚ ਆਉਂਦੇ ਰਹੇ ਹਨ। ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਖੁਸ਼ਕਿਸਮਤੀ ਨਾਲ ਕਿਸੇ ਮਨੁੱਖੀ ਜੀਵਨ ਜਾਂ ਕਿਸੇ ਪਸ਼ੂ ਨੂੰ ਕੋਈ ਨੁਕਸਾਨ ਨਹੀਂ ਪਹੁੰਚਿਆ। ਉਨ੍ਹਾਂ ਕਿਹਾ ਕਿ ਕੁਝ ਲੋਕ ਜ਼ਖਮੀ ਜ਼ਰੂਰ ਹੋਏ ਹਨ ਜਿਨ੍ਹਾਂ ਨੂੰ ਸਰਕਾਰ ਵੱਲੋਂ ਇਲਾਜ ਮੁਹੱਈਆ ਕਰਵਾਇਆ ਜਾ ਰਿਹਾ ਹੈ। ਉਨ੍ਹਾਂ ਨੇ ਹੜ੍ਹਾਂ ਨਾਲ ਨੁਕਸਾਨੇ ਗਏ 33 ਕੱਚੇ ਘਰਾਂ ਦੀ ਉਸਾਰੀ ਕਰਵਾਉਣ ਦਾ ਭਰੋਸਾ ਦਿੱਤਾ।

ਮੁੱਖ ਮੰਤਰੀ ਨੇ ਘਨੌਰ ਦੇ ਪਿੰਡ ਸਿਰਕਪੜਾ ਵਿੱਚ ਨੁਕਸਾਨੇ ਗਏ ਪੁਲ ਦੇ ਮੁੜ ਨਿਰਮਾਣ ਲਈ 60 ਲੱਖ ਰੁਪਏ ਦੇਣ ਦਾ ਐਲਾਨ ਕੀਤਾ। ਇਕ ਹੋਰ ਬੇਨਤੀ ਨੂੰ ਪ੍ਰਵਾਨ ਕਰਦਿਆਂ ਮੁੱਖ ਮੰਤਰੀ ਨੇ ਬਾਦਸ਼ਾਹਪੁਰ ਦੀ ਅਨਾਜ ਮੰਡੀ ਨੂੰ ਅਗਲੀ ਫਸਲ ਦੇ ਆਉਣ ਤੋਂ ਪਹਿਲਾਂ ਪੱਕੀ ਕਰਨ ਦਾ ਵੀ ਐਲਾਨ ਕੀਤਾ।

ਇਸ ਤੋਂ ਪਹਿਲਾਂ ਪੰਜਾਬ ਰਾਜ ਯੋਜਨਾ ਬੋਰਡ ਦੇ ਵਾਈਸ ਚੇਅਰਪਰਸਨ ਸ਼੍ਰੀਮਤੀ ਰਜਿੰਦਰ ਕੌਰ ਭੱਠਲ ਅਤੇ ਸ਼ੁਤਰਾਣਾ ਦੇ ਵਿਧਾਇਕ ਨਿਰਮਲ ਸਿੰਘ ਨੇ ਘੱਗਰ ਵਿੱਚ ਪਾੜ ਪੈਣ ਨਾਲ ਮੂਨਕ ਸਬ ਡਵੀਜ਼ਨ ਦੇ ਪਿੰਡਾਂ ਅਤੇ ਸ਼ੁਤਰਾਣਾ ਵਿਧਾਨ ਹਲਕੇ ਦੇ ਪਿੰਡਾਂ ਵਿੱਚ ਫਸਲਾਂ ਅਤੇ ਜਾਇਦਾਦ ਨੂੰ ਪਹੁੰਚੇ ਨੁਕਸਾਨ ਬਾਰੇ ਮੁੱਖ ਮੰਤਰੀ ਨੂੰ ਜਾਣੂੰ ਕਰਵਾਇਆ।

ਠੱਗ ਨਿਕਲੀ ਆਇਲੈਟਸ ਪਾਸ ਪਤਨੀ : ਮੁਕੱਦਮਾ ਦਰਜ਼

Show More