Punjab

ਸਿਹਤ ਮੰਤਰੀ ਨੇ ਡਾਕਟਰਾਂ ਨੂੰ ਹਸਪਤਾਲ ਤੋਂ ਬਾਹਰੋਂ ਦਵਾਈਆਂ ਤੇ ਟੈਸਟ ਨਾ ਲਿਖਣ ਦੀ ਹਦਾਇਤ

ਸਿਹਤ ਮੰਤਰੀ ਵੱਲੋਂ ਸਿਵਲ ਹਸਪਤਾਲ ਸੁਨਾਮ ਦਾ ਅਚਨਚੇਤ ਦੌਰਾ

ਸੰਗਰੂਰ, (ਰਾਮ ਚੰਦਰ, ਸੋਮ ਨਾਥ) – ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਸ. ਬਲਬੀਰ ਸਿੰਘ ਸਿੱਧੂ ਨੇ ਅੱਜ ਸ਼ਹੀਦ ਊਧਮ ਸਿੰਘ ਸਿਵਲ ਹਸਪਤਾਲ ਦਾ ਅਚਨਚੇਤ ਦੌਰਾ ਕਰਕੇ ਸਿਹਤ ਸੁਵਿਧਾਵਾਂ ਦਾ ਜਾਇਜ਼ਾ ਲਿਆ। ਕੈਬਨਿਟ ਮੰਤਰੀ ਨੇ ਆਪਣੇ ਦੌਰੇ ਦੌਰਾਨ ਜਿਥੇ ਮਰੀਜ਼ਾਂ ਦੇ ਰਜਿਸਟਰੇਸ਼ਨ ਰਜਿਸਟਰ ਦੀ ਜਾਂਚ ਕੀਤੀ ਉਥੇ ਨਾਲ ਹੀ ਵੱਖ ਵੱਖ ਵਾਰਡਾਂ ਵਿੱਚ ਜਾ ਕੇ ਜੇਰੇ ਇਲਾਜ ਮਰੀਜ਼ਾਂ ਤੇ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਤੋਂ ਹਸਪਤਾਲ ਵਿੱਚ ਮਿਲ ਰਹੀਆਂ ਇਲਾਜ ਸੁਵਿਧਾਵਾਂ ਬਾਰੇ ਜਾਣਕਾਰੀ ਹਾਸਲ ਕੀਤੀ। ਸ. ਸਿੱਧੂ ਨੇ ਵਾਰਡਾਂ ਵਿੱਚ ਸਾਫ਼ ਸਫ਼ਾਈ ਦੇ ਮਿਆਰ ਨੂੰ ਵੀ ਜਾਂਚਿਆ ਅਤੇ ਸਪੱਸ਼ਟ ਦਿਸ਼ਾ ਨਿਰਦੇਸ਼ ਦਿੱਤੇ ਕਿ ਸਫ਼ਾਈ ਪੱਖੋਂ ਕੋਈ ਅਣਗਹਿਲੀ ਨਾ ਵਰਤੀ ਜਾਵੇ।

ਕੈਬਨਿਟ ਮੰਤਰੀ ਨੇ ਕਿਹਾ ਕਿ ਰਾਜ ਦੇ ਲੋਕਾਂ ਨੂੰ ਮਿਆਰੀ ਸਿਹਤ ਸੁਵਿਧਾਵਾਂ ਮੁਹੱਈਆ ਕਰਵਾਉਣਾ ਸਰਕਾਰ ਦਾ ਮੁੱਖ ਟੀਚਾ ਹੈ ਅਤੇ ਸਮੂਹ ਸਰਕਾਰੀ ਹਸਪਤਾਲਾਂ ਤੇ ਸਿਹਤ ਕੇਂਦਰਾਂ ਵਿੱਚ ਸਰਕਾਰ ਦੇ ਦਿਸ਼ਾ ਨਿਰਦੇਸ਼ਾਂ ਦੀ ਪਾਲਣਾ ਨੂੰ ਯਕੀਨੀ ਬਣਾਇਆ ਜਾਵੇ । ਇਸ ਦੌਰਾਨ ਉਨ੍ਹਾਂ ਵੱਖ ਵੱਖ ਰੋਗਾਂ ਦੇ ਮਾਹਿਰ ਡਾਕਟਰਾਂ ਤੋਂ ਵੀ ਜਾਇਜ਼ਾ ਲਿਆ ਅਤੇ ਨਾਲ ਹੀ ਆਦੇਸ਼ ਵੀ ਦਿੱਤੇ ਕਿ ਹਸਪਤਾਲ ਵਿੱਚ ਇਲਾਜ ਕਰਵਾਉਣ ਆਉਂਦੇ ਮਰੀਜ਼ਾਂ ਨੂੰ ਬਾਹਰੋਂ ਦਵਾਈਆਂ ਲਿਆਉਣ ਜਾਂ ਬਾਹਰੋਂ ਟੈਸਟ ਕਰਵਾਉਣ ਦਾ ਕੋਈ ਮਾਮਲਾ ਸਾਹਮਣਾ ਆਉਣ ‘ਤੇ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ। ਉਨ੍ਹਾਂ ਕਿਹਾ ਕਿ ਮਰੀਜ਼ਾਂ ਦੀ ਸੁਵਿਧਾ ਲਈ ਸਰਕਾਰ ਵੱਲੋਂ ਮੁਫ਼ਤ ਦਵਾਈਆਂ ਸਰਕਾਰੀ ਹਸਪਤਾਲਾਂ ਵਿੱਚ ਮੁਹੱਈਆ ਕਰਵਾਈਆਂ ਗਈਆਂ ਹਨ ਅਤੇ ਵੱਖ-ਵੱਖ ਰੋਗਾਂ ਦੇ ਟੈਸਟ ਵੀ ਹਸਪਤਾਲਾਂ ਵਿੱਚ ਮੁਫ਼ਤ ਕਰਨ ਦੀ ਵਿਵਸਥਾ ਹੈ।

ਕੈਬਨਿਟ ਮੰਤਰੀ ਨੇ ਡਾਕਟਰਾਂ ਨੂੰ ਇਹ ਹਦਾਇਤ ਵੀ ਕੀਤੀ ਕਿ ਬਰਸਾਤਾਂ ਦੇ ਅਗਾਮੀ ਸੀਜ਼ਨ ਦੇ ਮੱਦੇਨਜ਼ਰ ਹਸਪਤਾਲ ਵਿੱਚ ਆਉਣ ਵਾਲੇ ਵਿਅਕਤੀਆਂ ਨੂੰ ਡੇਂਗੂ ਤੇ ਮਲੇਰੀਏ ਦੀ ਰੋਕਥਾਮ ਬਾਰੇ ਜਾਣੂ ਕੀਤਾ ਜਾਵੇ ਅਤੇ ਬੁਖਾਰ ਤੋਂ ਪੀੜਤ ਹਰ ਮਰੀਜ਼ ਦੇ ਖੂਨ ਦੇ ਨਮੂਨੇ ਮੁਫ਼ਤ ਟੈਸਟ ਕੀਤੇ ਜਾਣ ਤਾਂ ਜੋ ਹਰ ਸ਼ੱਕੀ ਮਾਮਲੇ ਦੀ ਪੁਸ਼ਟੀ ਹੋਣ ‘ਤੇ ਪੀੜਤ ਦਾ ਸਮੇਂ ‘ਤੇ ਇਲਾਜ ਸ਼ੁਰੂ ਕੀਤਾ ਜਾ ਸਕੇ। ਇਸ ਮੌਕੇ ਉਨ੍ਹਾਂ ਦੇ ਸਿਆਸੀ ਸਕੱਤਰ ਹਰਕੇਸ਼ ਸ਼ਰਮਾ ਮਛਲੀ ਕਲਾਂ ਵੀ ਮੌਜੂਦ ਸਨ।

ਫਰਜੀ ਟ੍ਰੈਵਲ ਏਜੰਟਾਂ ਵਿਰੁੱਧ ਕੀਤੀ ਜਾਵੇਗੀ ਕਾਨੂੰਨੀ ਕਾਰਵਾਈ- ਡੀ ਐਸ ਪੀ ਸ਼ਰਮਾ

Show More